ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ
/ crime
Live Punjabi TV /
Chandigarh
ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ
ਨਾਜਾਇਜ਼ ਮਾਈਨਿੰਗ ਸਮੱਗਰੀ ਲਿਜਾ ਰਹੇ ਤਿੰਨ ਟਿੱਪਰ ਅਪ੍ਰੇਟਰਾਂ ਦੇ ਚਲਾਨ ਕੱਟੇ
ਚੰਡੀਗੜ੍ਹ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਜ਼ਮੀਨੀ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੀ ਰਾਤ ਕੀਤੀ ਗਈ ਵੱਡੀ ਕਾਰਵਾਈ ਦਾ ਵੇਰਵਾ ਸਾਂਝਾ ਕਰਦਿਆਂ ਕੈਬਿਨੇਟ ਮੰਤਰੀ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਦੀ ਅਗਵਾਈ ਹੇਠ ਮਾਈਨਿੰਗ ਵਿਭਾਗ ਦੀ ਟੀਮ ਨੇ ਪਿੰਡ ਐਲਗਰਾਂ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ ਲਈ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਨੂਰਪੁਰ ਬੇਦੀ ਵਿਖੇ ਖਾਣਾਂ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਐਫ਼ਆਈਆਰ ਨੰਬਰ 175 ਦਰਜ ਕੀਤੀ ਗਈ ਹੈ।
ਕੈਬਿਨੇਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਇਲਾਕੇ ਵਿੱਚ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਕਾਰਵਾਈ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਰਾਹੀਂ ਕੱਢਿਆ ਗਿਆ ਮਟੀਰੀਅਲ ਲਿਜਾ ਰਹੇ ਟਿੱਪਰ ਚਾਲਕਾਂ ਦੇ ਤਿੰਨ ਚਲਾਨ ਵੀ ਕੱਟੇ ਗਏ ਹਨ।
ਕੈਬਿਨੇਟ ਮੰਤਰੀ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਮਾਈਨਿੰਗ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Strict Action Against Illegal Mining In Sri Anandpur Sahib