Delhi Riots Case- ਉਮਰ ਖਾਲਿਦ ਤੇ ਸ਼ਰਜੀਲ ਇਮਾਮ ਨੂੰ ਵੱਡਾ ਝਟਕਾ; 5 ਸਾਲ ਜੇਲ੍ਹ ਕੱਟਣ ਤੋਂ ਬਾਅਦ ਵੀ ਨਹੀਂ ਮਿਲੀ ਜ਼ਮਾਨਤ
Delhi
Delhi Riots Case: ਉਮਰ ਖਾਲਿਦ ਤੇ ਸ਼ਰਜੀਲ ਇਮਾਮ ਨੂੰ ਵੱਡਾ ਝਟਕਾ; 5 ਸਾਲ ਜੇਲ੍ਹ ਕੱਟਣ ਤੋਂ ਬਾਅਦ ਵੀ ਨਹੀਂ ਮਿਲੀ ਜ਼ਮਾਨਤ
ਨਵੀਂ ਦਿੱਲੀ, 5 ਜਨਵਰੀ 2026: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸਾਲ 2020 ਦੇ ਦਿੱਲੀ ਦੰਗਿਆਂ ਨਾਲ ਜੁੜੇ ਸਾਜ਼ਿਸ਼ ਦੇ ਮਾਮਲੇ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਾਬਕਾ ਜੇਐਨਯੂ (JNU) ਵਿਦਿਆਰਥੀ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ, ਇਸੇ ਕੇਸ ਵਿੱਚ ਸ਼ਾਮਲ 5 ਹੋਰ ਮੁਲਜ਼ਮਾਂ ਨੂੰ ਅਦਾਲਤ ਨੇ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਹੈ। ਇਹ ਸਾਰੇ ਮੁਲਜ਼ਮ ਪਿਛਲੇ 5 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਸਨ।
ਰਾਸ਼ਟਰੀ ਸੁਰੱਖਿਆ ਸਭ ਤੋਂ ਅਹਿਮ: ਸੁਪਰੀਮ ਕੋਰਟ
ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਸਖ਼ਤ ਟਿੱਪਣੀ ਕੀਤੀ। ਬਚਾਅ ਪੱਖ ਨੇ ਦਲੀਲ ਦਿੱਤੀ ਸੀ ਕਿ ਮੁਕੱਦਮਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੁਲਜ਼ਮ 5 ਸਾਲ ਤੋਂ ਜੇਲ੍ਹ ਵਿੱਚ ਹਨ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ। ਪਰ ਸੁਪਰੀਮ ਕੋਰਟ ਨੇ ਕਿਹਾ ਕਿ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰਹਿਣ ਦੇ ਮੁਕਾਬਲੇ 'ਰਾਸ਼ਟਰੀ ਸੁਰੱਖਿਆ' ਅਤੇ 'ਜਨਤਕ ਵਿਵਸਥਾ' (Public Order) ਜ਼ਿਆਦਾ ਮਹੱਤਵਪੂਰਨ ਹੈ। ਅਦਾਲਤ ਨੇ ਮੰਨਿਆ ਕਿ ਇਨ੍ਹਾਂ ਦੋਵਾਂ ਖਿਲਾਫ਼ ਦੋਸ਼ ਗੰਭੀਰ ਹਨ।
ਇਨ੍ਹਾਂ 5 ਦੋਸ਼ੀਆਂ ਦੀ ਹੋਵੇਗੀ ਰਿਹਾਈ
ਜਿੱਥੇ ਖਾਲਿਦ ਅਤੇ ਇਮਾਮ ਨੂੰ ਝਟਕਾ ਲੱਗਾ ਹੈ, ਉੱਥੇ ਹੀ ਅਦਾਲਤ ਨੇ ਇਸ ਮਾਮਲੇ ਦੇ ਹੋਰ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ ਵਿੱਚ ਗੁਲਫਿਸ਼ਾ ਫਾਤਿਮਾ, ਮੀਰਾਨ ਹੈਦਰ, ਸ਼ਿਫਾ-ਉਰ-ਰਹਿਮਾਨ, ਮੁਹੰਮਦ ਸਲੀਮ ਖਾਨ ਅਤੇ ਸ਼ਾਦਾਬ ਅਹਿਮਦ ਸ਼ਾਮਲ ਹਨ। ਅਦਾਲਤ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੂੰ ਹੁਣ ਹੋਰ ਜੇਲ੍ਹ ਵਿੱਚ ਰੱਖਣਾ ਜ਼ਰੂਰੀ ਨਹੀਂ ਹੈ। ਇਹ ਫੈਸਲਾ 10 ਦਸੰਬਰ ਨੂੰ ਦਲੀਲਾਂ ਸੁਣਨ ਤੋਂ ਬਾਅਦ ਰਾਖਵਾਂ ਰੱਖ ਲਿਆ ਗਿਆ ਸੀ, ਜੋ ਅੱਜ ਸੁਣਾਇਆ ਗਿਆ ਹੈ।
CAA ਵਿਰੋਧ ਪ੍ਰਦਰਸ਼ਨਾਂ ਦੌਰਾਨ ਭੜਕੀ ਸੀ ਹਿੰਸਾ
ਇਹ ਮਾਮਲਾ 2020 ਵਿੱਚ ਉੱਤਰ-ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੀ "ਵੱਡੀ ਸਾਜ਼ਿਸ਼" ਨਾਲ ਜੁੜਿਆ ਹੋਇਆ ਹੈ। ਇਹ ਦੰਗੇ ਨਾਗਰਿਕਤਾ ਸੋਧ ਕਾਨੂੰਨ (CAA) ਅਤੇ ਐਨਆਰਸੀ (NRC) ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਭੜਕੇ ਸਨ। ਇਨ੍ਹਾਂ ਦੰਗਿਆਂ ਵਿੱਚ 53 ਲੋਕਾਂ ਦੀ ਮੌਤ ਹੋ ਗਈ ਸੀ ਅਤੇ 700 ਤੋਂ ਵੱਧ ਲੋਕ ਜ਼ਖਮੀ ਹੋਏ ਸਨ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (UAPA) ਤਹਿਤ ਕੇਸ ਦਰਜ ਕੀਤਾ ਸੀ। ਮੁਲਜ਼ਮਾਂ ਨੇ ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਨਾ ਦੇਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
Delhi Riots Case Big Setback For Umar Khalid And Sharjeel Imam No Bail Even After Spending 5 Years In Jail