LG ਨੇ ਕੇਜਰੀਵਾਲ ਸਰਕਾਰ ਨੂੰ ਦਿੱਤਾ ਇੱਕ ਹੋਰ ਵੱਡਾ ਝਟਕਾ, ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਕੱਢੇ
Admin / National
ਨੈਸ਼ਨਲ ਡੈਸਕ : ਦਿੱਲੀ ਦੇ LG ਵੀਕੇ ਸਕਸੈਨਾ ਨੇ ਦਿੱਲੀ ਸਰਕਾਰ ਖਿਲਾਫ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ। ਦੋਸ਼ ਲਾਇਆ ਗਿਆ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨ੍ਹਾਂ ਦੀ ਨਿਯੁਕਤੀ ਨਿਯਮਾਂ ਦੇ ਉਲਟ ਜਾ ਕੇ ਬਿਨਾਂ ਇਜਾਜ਼ਤ ਦੇ ਕੀਤੀ ਸੀ।
ਰਾਜ ਭਵਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਡੀਸੀਡਬਲਿਊ ਵੱਲੋਂ 10 ਸਤੰਬਰ 2016 ਨੂੰ ਜਾਰੀ ਹੁਕਮਾਂ ਲਈ LG ਤੋਂ ਮਨਜ਼ੂਰੀ ਨਹੀਂ ਲਈ ਗਈ ਸੀ। ਇਸ ਹੁਕਮ ਤਹਿਤ ਦਿੱਲੀ ਮਹਿਲਾ ਕਮਿਸ਼ਨ ਵਿੱਚ 223 ਅਸਾਮੀਆਂ ਦਾ ਨਿਰਮਾਣ ਕੀਤਾ ਗਿਆ ਸੀ। ਜਦੋਂ ਕਿ ਦਿੱਲੀ ਮਹਿਲਾ ਕਮਿਸ਼ਨ ਐਕਟ 2013 ਦੇ ਅਨੁਸਾਰ ਅਜਿਹਾ ਕਰਨ ਤੋਂ ਪਹਿਲਾਂ LG ਦੀ ਮਨਜ਼ੂਰੀ ਜ਼ਰੂਰੀ ਹੈ।
ਰਾਜ ਭਵਨ ਤੋਂ ਦੱਸਿਆ ਗਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਵੀ ਕੇਂਦਰ ਸਰਕਾਰ ਦੀ ਆਡਿਟ ਰਿਪੋਰਟ ਦੇ ਆਧਾਰ 'ਤੇ ਕੇਸ ਦਰਜ ਕੀਤਾ ਸੀ।
ਇਨ੍ਹਾਂ ਨਿਯੁਕਤੀਆਂ ਦੀ ਜਾਂਚ ਲਈ 13 ਫਰਵਰੀ 2017 ਨੂੰ ਇੱਕ ਕਮੇਟੀ ਬਣਾਈ ਗਈ ਸੀ ਜਿਸ ਨੇ 2 ਜੂਨ 2017 ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਸੀ। ਕਮੇਟੀ ਨੇ ਇਨ੍ਹਾਂ ਨਿਯੁਕਤੀਆਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਹੁਣ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਬਣ ਚੁੱਕੀ ਹੈ। ਉਨ੍ਹਾਂ ਨੇ ਰਾਜ ਸਭਾ 'ਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ LG ਦੇ ਤਾਜ਼ਾ ਫੈਸਲੇ ਤੋਂ ਬਾਅਦ ਦਿੱਲੀ ਸਰਕਾਰ ਤੇ ਰਾਜ ਭਵਨ ਵਿਚਾਲੇ ਤਣਾਅ ਇਕ ਵਾਰ ਫਿਰ ਵਧ ਸਕਦਾ ਹੈ। ਇਸ ਤੋਂ ਪਹਿਲਾਂ ਵੀ ਐਲਜੀ ਅਤੇ ਕੇਜਰੀਵਾਲ ਸਰਕਾਰ ਵਿਚਾਲੇ ਕਈ ਮੁੱਦਿਆਂ 'ਤੇ ਟਕਰਾਅ ਹੋ ਚੁੱਕਾ ਹੈ।
Kejriwal Government The LG Fired 223 Employees Of The Womens Commission