Delhi Liquor Scam- ਮੁੱਖ ਮੰਤਰੀ ਕੇਜਰੀਵਾਲ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 19 ਜੂਨ ਤੱਕ ਟਲ਼ੀ
Admin / National
ਨੈਸ਼ਨਲ ਡੈਸਕ : ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 19 ਜੂਨ ਤੱਕ ਮੁਲਤਵੀ ਕਰ ਦਿੱਤੀ। ਰੌਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਹਾਲ ਹੀ ਵਿਚ ਡਾਕਟਰੀ ਆਧਾਰ 'ਤੇ ਸੱਤ ਦਿਨਾਂ ਦੀ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ।
ਸੁਣਵਾਈ ਦੌਰਾਨ ਮੁੱਖ ਮੰਤਰੀ ਦੇ ਵਕੀਲ ਨੇ ਸ਼ੁੱਕਰਵਾਰ ਨੂੰ ਅਦਾਲਤ ਵਿਚ ਅਰਜ਼ੀ ਦਾਇਰ ਕਰ ਕੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮੈਡੀਕਲ ਜਾਂਚ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਦੋਂ ਮੈਡੀਕਲ ਬੋਰਡ ਇਸ ਸਬੰਧੀ ਮੀਟਿੰਗ ਕਰਦਾ ਹੈ ਤਾਂ ਉਨ੍ਹਾਂ ਨੂੰ ਵੀ ਆਪਣੀ ਜਾਣਕਾਰੀ ਦੇਣ ਦੀ ਇਜਾਜ਼ਤ ਦਿੱਤੀ ਜਾਵੇ।
ਅਦਾਲਤ ਨੇ ਇਸ ਅਰਜ਼ੀ 'ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ। ਸ਼ਨੀਵਾਰ ਨੂੰ ਇਸ 'ਤੇ ਸੁਣਵਾਈ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 19 ਜੂਨ ਤੱਕ ਟਾਲ ਦਿੱਤੀ ਗਈ ਹੈ। ਉਸ ਦੀ ਨਿਆਂਇਕ ਹਿਰਾਸਤ ਦੀ ਮਿਆਦ ਵੀ ਉਸੇ ਦਿਨ ਖ਼ਤਮ ਹੋ ਰਹੀ ਹੈ।
ਹਾਲ ਹੀ 'ਚ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦੇ ਹੋਏ ਅਦਾਲਤ ਨੇ ਕਿਹਾ ਸੀ ਕਿ ਸੀਐੱਮ ਕੇਜਰੀਵਾਲ ਦੇ ਕੁਝ ਵਿਸ਼ੇਸ਼ ਡਾਇਗਨੌਸਟਿਕ ਟੈਸਟਾਂ ਲਈ ਨਿਰਦੇਸ਼ ਦਿੱਤੇ ਗਏ ਹਨ। ਕੇਜਰੀਵਾਲ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਵਿੱਚ ਸ਼ਾਮਲ ਹੋਏ। ਉਸ ਸਮੇਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਨੇ ਕਿਹਾ ਸੀ ਕਿ ਜ਼ਮਾਨਤ ਪਟੀਸ਼ਨ ਸੁਣਵਾਈ ਦੇ ਲਾਇਕ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਕੇਜਰੀਵਾਲ ਨੇ ਚੋਣ ਪ੍ਰਚਾਰ ਲਈ ਦਿੱਤੀ ਅੰਤਰਿਮ ਜ਼ਮਾਨਤ ਦੀ ਦੁਰਵਰਤੋਂ ਕੀਤੀ ਹੈ।
ਮੁੱਖ ਮੰਤਰੀ ਦੀ ਤਰਫੋਂ ਅਦਾਲਤ ਵਿਚ ਪੇਸ਼ ਹੋਏ ਸੀਨੀਅਰ ਵਕੀਲ ਐੱਨ. ਹਰੀਹਰਨ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਵਿਗੜਦੀ ਸ਼ੂਗਰ ਦੀ ਹਾਲਤ ਅਤੇ ਹੋਰ ਸਿਹਤ ਕਾਰਨਾਂ ਕਰ ਕੇ ਅੰਤਰਿਮ ਜ਼ਮਾਨਤ ਜ਼ਰੂਰੀ ਸੀ। ਈਡੀ ਨੇ ਕਿਹਾ ਸੀ ਕਿ ਤਿਹਾੜ ਜੇਲ੍ਹ ਵਿਚ ਕੇਜਰੀਵਾਲ ਦਾ ਮੈਡੀਕਲ ਟੈਸਟ ਵੀ ਕਰਵਾਇਆ ਜਾ ਸਕਦਾ ਹੈ। ਸੀਐਮ ਕੇਜਰੀਵਾਲ ਨੇ ਚੋਣ ਪ੍ਰਚਾਰ ਲਈ 1 ਜੂਨ ਤੱਕ ਸੁਪਰੀਮ ਕੋਰਟ ਵੱਲੋਂ ਦਿੱਤੀ ਅੰਤਰਿਮ ਜ਼ਮਾਨਤ ਪੂਰੀ ਕਰਨ ਤੋਂ ਬਾਅਦ 2 ਜੂਨ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।
Delhi Liquor Scam Hearing On Chief Minister Kejriwal s Regular Bail Petition Adjourned Till June 19