ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਸਰਕਾਰ ਦਾ ਵੱਡਾ ਦਾਅਵਾ....
LPTV / Chandigarh
ਪੰਜਾਬ ’ਚ ਪਰਾਲ਼ੀ ਸਾੜਨ ਤੋਂ ਰੋਕਣ ਲਈ ਕੇਂਦਰ ਸਰਕਾਰ ਨੇ ਵੱਡਾ ਦਾਅਵਾ ਕੀਤਾ ਹੈ। ਮੋਦੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਪਰਾਲ਼ੀ ਸਾੜਨ ਦੀ ਵਧਦੀ ਸਮੱਸਿਆ ਨੂੰ ਰੋਕਣ ਲਈ ਪਿਛਲੇ ਤਿੰਨ ਸਾਲਾਂ ਦੇ ਅਰਸੇ ਦੌਰਾਨ ਰਾਜ ਨੂੰ 76,626 ਮਸ਼ੀਨਾਂ ਦਿੱਤੀਆਂ ਗਈਆਂ ਹਨ। ਸਰਕਾਰੀ ਦਾਅਵੇ ਮੁਤਾਬਕ ਪੰਜਾਬ ਵਿੱਚ 50,847 ਮਸ਼ੀਨਾਂ ਕਸਟਮ ਹਾਇਰਿੰਗ ਸੈਂਟਰਾਂ ਨੂੰ ਦਿੱਤੀਆਂ ਗਈਆਂ ਤੇ 25,779 ਵਿਅਕਤੀਗਤ ਕਿਸਾਨਾਂ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਲਈ ਦਿੱਤੀਆਂ ਗਈਆਂ।
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਇੱਕ ਸਵਾਲ ਦੇ ਜਵਾਬ ਵਿੱਚ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ 2018-19 ਤੇ 2020-21 ਵਿੱਚ, ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦਾ ਪੱਕਾ ਇੰਤਜ਼ਾਮ ਕਰਨ ਤੇ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਤ ਕਰਨ ਲਈ ਕੇਂਦਰੀ ਸੈਕਟਰ ਯੋਜਨਾ ਤਹਿਤ 76,626 ਮਸ਼ੀਨਾਂ ਦਿੱਤੀਆਂ ਗਈਆਂ।
ਸਰਕਾਰ ਮੁਤਾਬਕ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਲਈ ਕੇਂਦਰੀ ਯੋਜਨਾ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦਿੱਲੀ ਵਿੱਚ ਖੇਤੀਬਾੜੀ ਸਹਿਕਾਰਤਾ ਤੇ ਕਿਸਾਨ ਭਲਾਈ ਵਿਭਾਗ ਦੁਆਰਾ 2018 ਤੋਂ 2021 ਦੇ ਅਰਸੇ ਲਈ ਚਲਾਈ ਜਾ ਰਹੀ ਹੈ। ਚਾਰ ਰਾਜਾਂ ਦੇ ਕਿਸਾਨਾਂ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਸਬਸਿਡੀ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।
Central governments big claim to prevent stubble burning