ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
August 31, 2026 / politics
Lptv Bureau /
Chandigarh
ਵਿਰੋਧੀ ਪਾਰਟੀਆਂ ਜੋ ਚਾਹੁਣ ਕਰ ਸਕਦੀਆਂ ਹਨ, ਸਾਡੀ ਸਰਕਾਰ ਲੋਕ ਹਿੱਤ ਵਿੱਚ ਕੰਮ ਕਰਨਾ ਜਾਰੀ ਰੱਖੇਗੀ
ਹਰ ਘਰ ਨੂੰ ਰੋਜ਼ਗਾਰ, ਹਰ ਬਜ਼ੁਰਗ ਨੂੰ ਇਲਾਜ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਮੇਰੀ ਜ਼ਿੰਮੇਵਾਰੀ ਹੈ
ਜਿਨ੍ਹਾਂ ਮਾਵਾਂ-ਭੈਣਾਂ ਨੂੰ ਸਨਮਾਨ ਰਾਸ਼ੀ ਨਹੀਂ ਮਿਲੀ, ਉਹ ਫਾਰਮ ਭਰਨ; ਉਨ੍ਹਾਂ ਨੂੰ ਵੀ ਜੁਲਾਈ ਤੋਂ ਰਾਸ਼ੀ ਮਿਲੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜਪੁਰਾ ਵਿਖੇ ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ ਪ੍ਰੋਗਰਾਮ ਵਿੱਚ ਸ਼ਾਮਲ ਹੋਏ
ਰਾਜਪੁਰਾ, 31 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਭਲਾਈ ਅਤੇ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਈ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਮੋੜਨ ਲਈ ਵਚਨਬੱਧ ਹੈ। ਉਨ੍ਹਾਂ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਵਿਰੋਧੀ ਧਿਰਾਂ ਦਾ ਕੋਈ ਵੀ ਦਬਾਅ ਸਰਕਾਰ ਦੇ ਲੋਕ-ਪੱਖੀ ਏਜੰਡੇ ਨੂੰ ਪਟੜੀ ਤੋਂ ਨਹੀਂ ਲਾਹ ਸਕਦਾ।
ਰਾਜਪੁਰਾ ਵਿਖੇ ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਘਰ ਨੂੰ ਰੋਜ਼ਗਾਰ, ਹਰ ਬਜ਼ੁਰਗ ਨੂੰ ਇਲਾਜ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਸਾਡੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ, ਜਿਨ੍ਹਾਂ ਔਰਤਾਂ ਨੂੰ ਅਜੇ ਤੱਕ ਸਨਮਾਨ ਰਾਸ਼ੀ ਨਹੀਂ ਮਿਲੀ, ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੀ ਜੁਲਾਈ ਤੋਂ ਰਾਸ਼ੀ ਮਿਲੇਗੀ।
ਇੱਕ ਸ਼ਾਮ ਸ਼ਿਵ ਕੇ ਨਾਮ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਭ ਦਾ ਹੈ ਅਤੇ ਹਰ ਤਿਉਹਾਰ ਮਿਲ ਕੇ ਮਨਾਉਣ ਦੀ ਇਸ ਦੀ ਸਦੀਆਂ ਪੁਰਾਣੀ ਪਰੰਪਰਾ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ, ਪੰਜਾਬ ਇੱਕ ਅਜਿਹਾ ਗੁਲਦਸਤਾ ਹੈ, ਜਿਸ ਵਿੱਚ ਹਰ ਰੰਗ ਦਾ ਫੁੱਲ ਮੌਜੂਦ ਹੈ ਅਤੇ ਇਸ ਪਵਿੱਤਰ ਧਰਤੀ ਤੇ ਸਾਰੇ ਵਧਦੇ-ਫੁੱਲਦੇ ਹਨ। ਸਾਡੀ ਧਰਤੀ ਇੰਨੀ ਉਪਜਾਊ ਹੈ ਕਿ ਇੱਥੇ ਹਰ ਬੀਜ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ ਕਿਉਂਕਿ ਸਾਡੀ ਏਕਤਾ ਬਹੁਤ ਮਜ਼ਬੂਤ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਫਿਰਕੂ ਸਦਭਾਵਨਾ ਦੀ ਮਿਸਾਲ ਕਾਇਮ ਕੀਤੀ ਹੈ, ਜਿੱਥੇ ਲੋਕ ਇੱਕ-ਦੂਜੇ ਦੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਂਦੇ ਹਨ। ਉਨ੍ਹਾਂ ਕਿਹਾ, ਪੰਜਾਬ ਵਿੱਚ ਰਾਮ ਨੌਮੀ, ਗੁਰਪੁਰਬ ਜਾਂ ਈਦ ਸਮੇਤ ਸਾਰੇ ਤਿਉਹਾਰ ਮਿਲ ਕੇ ਮਨਾਏ ਜਾਂਦੇ ਹਨ। ਇਸ ਕਾਰਨ ਇੱਥੇ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਖੰਡਤਾ ਦਾ ਰਿਸ਼ਤਾ ਬਹੁਤ ਮਜ਼ਬੂਤ ਹੈ।"
ਤੀਰਥ ਯਾਤਰਾ ਦੀ ਸੁਵਿਧਾ ਲਈ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਸਾਡੀ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਹੁਣ ਇਸ ਯੋਜਨਾ ਦਾ ਦਾਇਰਾ ਵਧਾ ਦਿੱਤਾ ਗਿਆ ਹੈ ਅਤੇ ਹਰਿਦੁਆਰ, ਰਿਸ਼ੀਕੇਸ਼, ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਵਰਗੇ ਪਵਿੱਤਰ ਸ਼ਹਿਰਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਮੁਫ਼ਤ ਆਵਾਜਾਈ, ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕ ਯਾਤਰਾ ਦਾ ਵਿੱਤੀ ਬੋਝ ਚੁੱਕੇ ਬਿਨਾਂ ਪਵਿੱਤਰ ਧਾਰਮਿਕ ਅਸਥਾਨਾਂ ਤੇ ਨਤਮਸਤਕ ਹੋ ਸਕਦੇ ਹਨ।
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਹਿਲੀ ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਹਰ ਔਰਤ 1,000 ਰੁਪਏ ਪ੍ਰਤੀ ਮਹੀਨਾ ਦੀ ਹੱਕਦਾਰ ਹੈ, ਜਦੋਂ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ 1,500 ਰੁਪਏ ਪ੍ਰਤੀ ਮਹੀਨਾ ਦੀਆਂ ਹੱਕਦਾਰ ਹਨ।
"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਲਗਪਗ 75 ਲੱਖ ਔਰਤਾਂ ਨੂੰ ਪਹਿਲਾਂ ਹੀ ਪੈਸੇ ਮਿਲਣੇ ਸ਼ੁਰੂ ਹੋ ਚੁੱਕੇ ਹਨ।"
ਵਿਰੋਧੀ ਧਿਰਾਂ ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ, ਜੇ ਵਿਰੋਧੀ ਸੱਤਾ ਵਿੱਚ ਆਉਂਦੇ ਹਨ ਤਾਂ ਉਹ ਆਪ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਬੰਦ ਕਰ ਦੇਣਗੇ।"
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾ ਜਨਤਕ ਭਲਾਈ ਨੂੰ ਪਹਿਲ ਦਿੱਤੀ ਹੈ, ਜਿਸ ਦੀ ਮਿਸਾਲ ਟੌਲ ਪਲਾਜ਼ਿਆਂ ਨੂੰ ਬੰਦ ਕਰਨਾ ਹੈ। ਉਨ੍ਹਾਂ ਕਿਹਾ, ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਰਕਾਰ ਨੇ 19 ਟੌਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਅਤੇ ਲਗਪਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।"
ਸਿਹਤ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸਰਵਪੱਖੀ ਅਤੇ ਕਿਫ਼ਾਇਤੀ ਡਾਕਟਰੀ ਇਲਾਜ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਇਲਾਜ ਮੁਹੱਈਆ ਕਰਵਾਉਂਦੀ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਵਪੱਖੀ ਸਿਹਤ ਕਵਰੇਜ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ। ਇਸ ਇਤਿਹਾਸਕ ਕਦਮ ਦਾ ਮਕਸਦ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਿਹਤ ਸੰਭਾਲ ਸਹੂਲਤ ਮੁਹੱਈਆ ਕਰਨਾ ਹੈ ਅਤੇ ਲੱਖਾਂ ਲੋਕ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਦਾ ਲਾਭ ਉਠਾ ਚੁੱਕੇ ਹਨ।”
bhagwantmann punjabcm aappunjab aamaadmiparty rajpura patiala ekshambhagwanshivkenaam