ਸੁਖਨਾ ਅਬਲੂ ਨੇੜੇ ਭਿਆਨਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
August 17, 2026 / punjab
Lptv News /
Panjab
ਦੋਵੇਂ ਨੌਜਵਾਨ ਮੋਟਰਸਾਈਕਲ ਤੇ ਦੋਦਾ ਤੋਂ ਆਪਣੇ ਘਰ ਵਾਪਸ ਆ ਰਹੇ ਸਨ
ਲੋਕਾਂ ਨੇ ਓਵਰਲੋਡ ਟਰੈਕਟਰ-ਟਰਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ
ਪਿੰਡ ਸੁਖਨਾ ਅਬਲੂ ਨੇੜੇ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਨੋਖਾ ਸਿੰਘ ਪੁੱਤਰ ਬੂਟਾ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕੋਠੇ ਦਸਮੇਸ਼ ਨਗਰ (ਕੋਟਭਾਈ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮੋਟਰਸਾਈਕਲ ਤੇ ਦੋਦਾ ਤੋਂ ਆਪਣੇ ਘਰ ਵਾਪਸ ਆ ਰਹੇ ਸਨ।
ਸੁਖਨਾ ਅਬਲੂ ਨੇੜੇ ਸਾਹਮਣੇ ਤੋਂ ਆ ਰਹੇ ਪਰਾਲੀ ਦੀਆਂ ਗੱਠਾਂ ਨਾਲ ਲੱਦੇ ਟਰੈਕਟਰ-ਟਰਾਲੇ ਦੀਆਂ ਲਾਈਟਾਂ ਪੈਣ ਕਾਰਨ ਹਾਦਸਾ ਵਾਪਰ ਗਿਆ। ਟੱਕਰ ਵਿੱਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੋਦਾ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਮਿਹਨਤ-ਮਜ਼ਦੂਰੀ ਕਰਦੇ ਸਨ ਅਤੇ ਕੰਮ ਤੋਂ ਘਰ ਪਰਤ ਰਹੇ ਸਨ। ਹਾਦਸੇ ਵਿੱਚ ਸ਼ਾਮਲ ਟਰੈਕਟਰ-ਟਰਾਲਾ ਪਿੰਡ ਸੂਰੇਵਾਲਾ ਦਾ ਦੱਸਿਆ ਜਾ ਰਿਹਾ ਹੈ। ਥਾਣਾ ਕੋਟਭਾਈ ਦੇ ਐੱਸਐੱਚਓ ਦਵਿੰਦਰ ਕੁਮਾਰ ਨੇ ਦੱਸਿਆ ਕਿ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਦੌਰਾਨ ਲੋਕਾਂ ਨੇ ਓਵਰਲੋਡ ਪਰਾਲੀ ਦੀਆਂ ਗੱਠਾਂ ਨਾਲ ਸੜਕਾਂ ਤੇ ਚੱਲਣ ਵਾਲੇ ਟਰੈਕਟਰ-ਟਰਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਟ੍ਰੈਫਿਕ ਇੰਚਾਰਜ ਸੁਖਦੇਵ ਸਿੰਘ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਓਵਰਲੋਡ ਟਰੈਕਟਰ-ਟਰਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Horrific accident near sukhna ablu two young men on a motorcycle killed