ਅੰਮ੍ਰਿਤਪਾਲ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਅੱਜ
LPTV / Chandigarh
ਚਾਰ ਦਿਨਾਂ ਤੋਂ ਲਾਪਤਾ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੂੰ ਪੇਸ਼ ਕਰਨ ਨਾਲ ਸਬੰਧਤ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ। ਇਸ ਸਬੰਧੀ ਪਟੀਸ਼ਨ ਅੰਮ੍ਰਿਤਪਾਲ ਦੀ ਸੰਸਥਾ ‘ਵਾਰਿਸ ਪੰਜਾਬ ਦੇ’ ਦੇ ਕਾਨੂੰਨੀ ਸਲਾਹਕਾਰ ਇਮਰਾਨ ਸਿੰਘ ਖਾਰਾ ਵੱਲੋਂ 19 ਮਾਰਚ ਦੀ ਰਾਤ ਨੂੰ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਮੰਗਲਵਾਰ ਨੂੰ ਪੰਜਾਬ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਕਿਹਾ ਸੀ।
ਬਠਿੰਡਾ ਦੇ ਰਹਿਣ ਵਾਲੇ ਇਮਰਾਨ ਸਿੰਘ ਖਾਰਾ ਨੇ ਐਤਵਾਰ ਨੂੰ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਪਟੀਸ਼ਨਰ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਇਸ ਦਾ ਕਾਰਨ ਨਹੀਂ ਦੱਸਿਆ ਜਾ ਰਿਹਾ ਹੈ। ਅੰਮ੍ਰਿਤਪਾਲ ਦੇ ਪਰਿਵਾਰ ਨੂੰ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਸ ਦੀ ਜਾਨ ਨੂੰ ਖਤਰਾ ਹੈ। ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਤੋਂ ਰਿਹਾਅ ਕੀਤਾ ਜਾਵੇ ਅਤੇ ਸਰਕਾਰ ਨੂੰ ਵਾਰੰਟ ਅਫਸਰ ਨਿਯੁਕਤ ਕਰਨ ਦਾ ਨਿਰਦੇਸ਼ ਜਾਰੀ ਕੀਤਾ ਜਾਵੇ। ਪਟੀਸ਼ਨਰ ਨੇ ਕਿਹਾ ਕਿ ਉਹ ਵਾਰੰਟ ਅਫਸਰ ਦੀ ਨਿਯੁਕਤੀ ਲਈ ਨਿਰਧਾਰਤ ਫੀਸ ਜਮ੍ਹਾ ਕਰਵਾਉਣ ਲਈ ਤਿਆਰ ਹੈ।
ਇਸ ਪਟੀਸ਼ਨ 'ਤੇ ਸੁਣਵਾਈ ਐਤਵਾਰ ਦੇਰ ਸ਼ਾਮ ਹਾਈ ਕੋਰਟ ਦੇ ਜਸਟਿਸ ਐਨਐਸ ਸ਼ੇਖਾਵਤ ਦੀ ਰਿਹਾਇਸ਼ 'ਤੇ ਹੋਈ। ਇਸ ਵਿੱਚ ਅਦਾਲਤ ਨੇ ਵਾਰੰਟ ਅਧਿਕਾਰੀ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮੰਗਲਵਾਰ ਤੱਕ ਜਵਾਬ ਮੰਗਿਆ ਹੈ।
Hearing in the High Court regarding Amritpal today