Punjab by-elections - ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਪ੍ਰੋਗਰਾਮ ਜਾਰੀ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐੱਸਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 18 ਅਕਤੂਬਰ, 2024 ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 30 ਅਕਤੂਬਰ (ਬੁੱਧਵਾਰ) ਹੈ।
ਜ਼ਿਮਨੀ ਚੋਣਾਂ ਮੁਕੰਮਲ ਕਰਨ ਦੀ ਆਖਰੀ ਮਿਤੀ 25 ਨਵੰਬਰ
ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ (ਬੁੱਧਵਾਰ) ਨੂੰ ਵੋਟਿੰਗ ਹੋਵੇਗੀ ਅਤੇ 23 ਨਵੰਬਰ (ਸ਼ਨੀਵਾਰ) ਨੂੰ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਜ਼ਿਮਨੀ ਚੋਣਾਂ ਮੁਕੰਮਲ ਕਰਨ ਦੀ ਆਖਰੀ ਮਿਤੀ 25 ਨਵੰਬਰ (ਸੋਮਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫਸਰਾਂ ਕੋਲ 18 ਅਕਤੂਬਰ, 2024 ਤੋਂ 25 ਅਕਤੂਬਰ, 2024 ਤੱਕ ਜਨਤਕ ਛੁੱਟੀਆਂ ਨੂੰ ਛੱਡ ਕੇ ਸਾਰੇ ਨਿਰਧਾਰਤ ਦਿਨਾਂ ਨੂੰ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਵਰਨਣਯੋਗ ਹੈ ਕਿ ਨਾਮਜ਼ਦਗੀ ਫਾਰਮ 2ਬੀ ਵਿਚ ਭਰੇ ਜਾਣੇ ਹਨ। ਵਰਨਣਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਮੌਜੂਦ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣ।
ਚੋਣ ਜ਼ਾਬਤਾ 25 ਨਵੰਬਰ ਤੱਕ ਰਹੇਗਾ ਲਾਗੂ
ਉਨ੍ਹਾਂ ਕਿਹਾ ਕਿ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਤੀਜਾ ਸ਼ਨੀਵਾਰ ਯਾਨੀ 19 ਅਕਤੂਬਰ, 2024 ਨੂੰ ਛੁੱਟੀ ਨਹੀਂ ਹੈ। ਇਸ ਲਈ ਨਾਮਜ਼ਦਗੀ ਪੱਤਰ 19 ਅਕਤੂਬਰ 2024 ਨੂੰ ਰਿਟਰਨਿੰਗ ਅਫ਼ਸਰ ਕੋਲ ਦਾਖ਼ਲ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 20 ਅਕਤੂਬਰ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਰਹੇਗੀ। ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾਣਗੇ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 15 ਅਕਤੂਬਰ, 2024 (ਮੰਗਲਵਾਰ) ਨੂੰ ਉਪ ਚੋਣਾਂ ਦੇ ਐਲਾਨ ਦੇ ਨਾਲ ਹੀ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਜੋ ਕਿ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਬੰਦ ਹੋ ਜਾਵੇਗਾ, ਇਹ 25 ਨਵੰਬਰ 2024 ਤੱਕ ਲਾਗੂ ਰਹੇਗਾ।
Program Of By elections For Four Assembly Seats In Punjab