Beant Singh Asassination- ਸੁਪਰੀਮ ਕੋਰਟ ਤੋਂ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ, ਅਗਲੀ ਸੁਣਵਾਈ 18 ਨੂੰ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਅੱਜ (ਸੋਮਵਾਰ) ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। ਹੁਣ ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਣਾ ਹੈ। ਬਲਵੰਤ ਸਿੰਘ ਰਾਜੋਆਣਾ ਨੇ ਪਟੀਸ਼ਨ ਵਿਚ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕੀਤੀ ਹੈ।
ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਹੈ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣ 'ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹੈ। ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ 12 ਸਾਲਾਂ ਤੋਂ ਪੈਂਡਿੰਗ ਹੈ। ਇਸ 'ਤੇ ਸਾਲਿਸਟਰ ਜਨਰਲ ਨੇ ਕਿਹਾ ਸੀ ਕਿ ਉਹ ਆਪਣਾ ਜਵਾਬ ਦਾਇਰ ਕਰਨਗੇ। ਇਸ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਪਿਛਲੇ ਸਾਲ ਇਸ ਕੇਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਅਦਾਲਤ ਨੇ ਰਹਿਮ ਦੀ ਅਪੀਲ 'ਤੇ ਵਿਚਾਰ ਕਰਨ ਦਾ ਕੰਮ ਕੇਂਦਰ ਸਰਕਾਰ ਦੇ ਅਧਿਕਾਰੀ 'ਤੇ ਛੱਡ ਦਿੱਤਾ ਸੀ। ਉਸ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਹੈ ਕਿ ਅਦਾਲਤੀ ਹੁਕਮਾਂ ਤੋਂ ਬਾਅਦ ਵੀ ਸਮਰੱਥ ਅਧਿਕਾਰੀ ਨੇ ਉਸ ਦੀ ਰਹਿਮ ਦੀ ਅਪੀਲ 'ਤੇ ਜ਼ਰੂਰੀ ਫੈਸਲਾ ਨਹੀਂ ਲਿਆ ਹੈ। ਉਸ ਹੁਕਮ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ।
31 ਅਗਸਤ 1995 ਨੂੰ ਕੀਤੀ ਗਈ ਸੀ ਸਾਬਕਾ ਮੁੱਖ ਮੰਤਰੀ ਦੀ ਹੱਤਿਆ
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਹੱਤਿਆ ਕਰ ਦਿੱਤੀ ਗਈ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਮਾਰਿਆ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਬੇਅੰਤ ਸਿੰਘ ਤੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇਕਰ ਦਿਲਾਵਰ ਫੇਲ ਹੋ ਗਿਆ ਤਾਂ ਬਲਵੰਤ ਸਿੰਘ ਰਾਜੋਆਣਾ ਹਮਲਾ ਕਰੇਗਾ। ਅਦਾਲਤ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਰਹਿਮ ਦੀ ਅਪੀਲ 'ਤੇ ਫੈਸਲਾ ਕਰਨ 'ਚ ਸਰਕਾਰ ਵੱਲੋਂ ਕੀਤੀ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।
Beant Singh Assassination Rajoana Did Not Get Relief From Supreme Court Next Hearing On 18