ਪੰਜਾਬ 'ਚ Power Sector 'ਚ ਤੇਜ਼ੀ ਨਾਲ ਵਿਕਾਸ - ਸੂਬੇ ਦੇ ਬਿਜਲੀ ਖੇਤਰ 'ਚ ਬੇਮਿਸਾਲ ਵਿਕਾਸ ਦਾ ਸਾਲ ਰਿਹਾ 2024 - ਹਰਭਜਨ ਸਿੰਘ ਈਟੀਓ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਸਾਲ 2024 ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੀਵੀਕੇ ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਣ ਦੇ ਇਤਿਹਾਸਕ ਕਦਮ ਨਾਲ ਹੋਈ। ਭਾਰਤ ਵਿਚ ਕਿਸੇ ਰਾਜ ਸਰਕਾਰ ਵੱਲੋਂ ਪ੍ਰਾਈਵੇਟ ਪਾਵਰ ਪਲਾਂਟ ਖਰੀਦਣ ਦਾ ਇਹ ਪਹਿਲਾ ਮੌਕਾ ਹੈ। ਸ਼੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਬਣੇ ਇਸ ਥਰਮਲ ਪਲਾਂਟ ਦਾ ਲੋਡ ਫੈਕਟਰ ਇਸ ਸਾਲ ਦੌਰਾਨ 35 ਫੀਸਦੀ ਤੋਂ ਵਧਾ ਕੇ 77 ਫੀਸਦੀ ਕਰ ਦਿੱਤਾ ਗਿਆ, ਜਿਸ ਨਾਲ ਇਸ ਦੀ ਬਿਜਲੀ ਉਤਪਾਦਨ ਸਮਰੱਥਾ ਦੁੱਗਣੀ ਹੋ ਗਈ। ਇਹ 540 ਮੈਗਾਵਾਟ ਥਰਮਲ ਪਲਾਂਟ 2 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੀ ਕਿਫ਼ਾਇਤੀ ਦਰ 'ਤੇ ਹਾਸਲ ਕੀਤਾ ਗਿਆ ਸੀ, ਜਿਸ ਨਾਲ ਸੂਬੇ ਨੂੰ 350 ਕਰੋੜ ਰੁਪਏ ਸਾਲਾਨਾ ਤੋਂ ਵੱਧ ਦੀ ਬਚਤ ਹੋਣ ਦੀ ਉਮੀਦ ਹੈ।
ਇਹ ਜਾਣਕਾਰੀ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਬੀਤੇ ਦਿਨ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਰਾਜ ਦੇ ਬਿਜਲੀ ਵਿਭਾਗ ਦੀ ਸਾਲ-ਅੰਤ ਦੀ ਰਿਪੋਰਟ ਪੇਸ਼ ਕਰਦਿਆਂ ਉਨ੍ਹਾਂ ਨੇ ਬਿਜਲੀ ਖੇਤਰ ਵਿਚ ਕ੍ਰਾਂਤੀ ਲਿਆਉਣ ਵਿਚ ਪੰਜਾਬ ਸਰਕਾਰ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਦਸੰਬਰ 2022 ਤੋਂ ਚਾਲੂ ਕੀਤੀ ਗਈ ਪਛਵਾੜਾ ਕੋਲਾ ਖਾਨ ਸੂਬੇ ਦੇ ਥਰਮਲ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ, 2024 ਤੋਂ 1277 ਰੈਕ ਰਾਹੀਂ ਇਸ ਖਾਨ ਤੋਂ ਕੁੱਲ 50.84 ਲੱਖ ਮੀਟ੍ਰਿਕ ਟਨ ਕੋਲਾ ਪ੍ਰਾਪਤ ਹੋਇਆ ਹੈ, ਜਿਸ ਦੀ ਲਾਗਤ ਕੋਲ ਇੰਡੀਆ ਲਿਮਟਿਡ ਦੀ ਤੁਲਨਾ ਵਿਚ 11 ਕਰੋੜ ਰੁਪਏ ਪ੍ਰਤੀ 1 ਲੱਖ ਮੀਟ੍ਰਿਕ ਟਨ ਸਸਤੀ ਹੈ। ਇਸ ਨਾਲ ਇਸ ਵਿੱਤੀ ਸਾਲ ਦੌਰਾਨ ਰਾਜ ਨੂੰ 593 ਰੁਪਏ ਦੀ ਬੱਚਤ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਦਸੰਬਰ 2022 ਵਿੱਚ ਸ਼ੁਰੂ ਕੀਤੀ ਗਈ ਇਸ ਖਾਨ ਵਿਚੋਂ ਹੁਣ ਤੱਕ 93.87 ਲੱਖ ਮੀਟ੍ਰਿਕ ਟਨ ਕੋਲਾ ਪ੍ਰਾਪਤ ਕੀਤਾ ਜਾ ਚੁੱਕਾ ਹੈ, ਜਿਸ ਨਾਲ ਕੁੱਲ 1000 ਕਰੋੜ ਰੁਪਏ ਦੀ ਬੱਚਤ ਹੋਈ ਹੈ।
“ਟਿਕਾਊ ਊਰਜਾ ਪ੍ਰਤੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪੰਜਾਬ ਸਰਕਾਰ ਨੇ ਸਵੱਛ ਊਰਜਾ ਵਿਚ ਮਹੱਤਵਪੂਰਨ ਨਿਵੇਸ਼ ਕੀਤਾ ਹੈ। 1 ਅਪ੍ਰੈਲ ਤੋਂ 30 ਨਵੰਬਰ 2024 ਤੱਕ ਵਿਭਾਗ ਨੇ 2.52 ਰੁਪਏ ਅਤੇ 2.52 ਰੁਪਏ ਪ੍ਰਤੀ ਯੂਨਿਟ ਦੀ ਔਸਤ ਦਰਾਂ 'ਤੇ 1454 ਮੈਗਾਵਾਟ ਸੂਰਜੀ ਊਰਜਾ ਲਈ ਖਰੀਦ ਸਮਝੌਤੇ 'ਤੇ ਹਸਤਾਖਰ ਕੀਤੇ। ਮਾਰਚ 2022 ਵਿਚ ਸੱਤਾ ਸੰਭਾਲਣ ਤੋਂ ਬਾਅਦ, ਸਰਕਾਰ ਨੇ 3704 ਮੈਗਾਵਾਟ ਸੂਰਜੀ ਊਰਜਾ ਲਈ ਸਮਝੌਤਿਆਂ 'ਤੇ ਹਸਤਾਖਰ ਕੀਤੇ ਹਨ, ਜਿਸਦੀ ਔਸਤ ਦਰ 2.33 ਰੁਪਏ ਤੋਂ 2.76 ਰੁਪਏ ਪ੍ਰਤੀ ਯੂਨਿਟ ਹੈ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਤੋਂ ਇਲਾਵਾ ਰਾਜ ਵਿਚ 430 ਮੈਗਾਵਾਟ ਰੂਫਟਾਪ ਸੋਲਰ ਲਗਾਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 900 ਮੈਗਾਵਾਟ ਹਾਈਬ੍ਰਿਡ ਪਾਵਰ (ਸੂਰਜੀ ਅਤੇ ਪੌਣ ਊਰਜਾ) ਲਈ ਵੀ ਔਸਤਨ 3.22 ਰੁਪਏ ਤੋਂ 3.28 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਸਮਝੌਤੇ ਕੀਤੇ ਹਨ।
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹਨਾਂ ਪਹਿਲਕਦਮੀਆਂ ਸਦਕਾ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਘਰੇਲੂ ਖਪਤਕਾਰਾਂ ਨੂੰ ਹਰ ਦੋ ਮਹੀਨਿਆਂ ਬਾਅਦ 600 ਯੂਨਿਟ ਮੁਫਤ ਬਿਜਲੀ (ਜਾਂ 300 ਯੂਨਿਟ ਪ੍ਰਤੀ ਮਹੀਨਾ) ਸਫਲਤਾਪੂਰਵਕ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਦੇ ਬਿੱਲ ਮਿਲੇ ਹਨ।
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਅਤੇ ਇਸ ਦੀ ਵੰਡ ਵਿਚ ਸੁਧਾਰ ਲਈ ਕੀਤੇ ਗਏ ਯਤਨਾਂ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਸਾਲ 2024 ਵਿਚ ਰਾਸ਼ਟਰੀ ਗਰਿੱਡ ਤੋਂ ਬਿਜਲੀ ਪ੍ਰਾਪਤ ਕਰਨ ਲਈ ਟਰਾਂਸਮਿਸ਼ਨ ਸਮਰੱਥਾ 9000 ਮੈਗਾਵਾਟ ਤੋਂ ਵਧਾ ਕੇ 9800 ਕੀਤਾ ਗਿਆ ਜੋ ਕਿ 2022 ਵਿਚ 7100 ਮੈਗਾਵਾਟ ਦੀ ਸਮਰੱਥਾ ਤੋਂ ਇੱਕ ਮਹੱਤਵਪੂਰਨ ਵਾਧਾ ਹੈ।
ਸੂਬਾ ਸਰਕਾਰ ਵੱਲੋਂ 5 ਨਵੇਂ 66 ਕੇਵੀ ਸਬ-ਸਟੇਸ਼ਨ ਚਾਲੂ ਕੀਤੇ ਗਏ ਅਤੇ 14 ਪਾਵਰ ਟਰਾਂਸਫਾਰਮਰਾਂ ਦੀ ਸਮਰੱਥਾ ਦਾ ਵਿਸਤਾਰ ਕਰਕੇ 66 ਕੇਵੀ ਟਰਾਂਸਮਿਸ਼ਨ ਵਿਚ 780 ਮੈਗਾਵਾਟ ਦਾ ਵਾਧਾ ਕੀਤਾ ਗਿਆ। ਇਸ ਦੇ ਨਾਲ ਹੀ 27 ਕਿਲੋਮੀਟਰ ਲੰਬੀਆਂ 66 ਕੇਵੀ ਟਰਾਂਸਮਿਸ਼ਨ ਲਾਈਨਾਂ ਨੂੰ ਜੋੜਿਆ ਗਿਆ ਅਤੇ 400 ਕੇਵੀ, 220 ਕੇਵੀ ਜਾਂ 132 ਕੇਵੀ ਦੇ 28 ਪਾਵਰ ਟਰਾਂਸਫਾਰਮਰਾਂ ਦੀ ਸਮਰੱਥਾ ਵਧਾਈ ਗਈ ਜਾਂ ਨਵੇਂ ਟਰਾਂਸਫਾਰਮਰ ਲਗਾਏ ਗਏ, ਜਿਸ ਨਾਲ ਇਸ ਟਰਾਂਸਮਿਸ਼ਨ ਸਮਰੱਥਾ ਵਿੱਚ ਕੁੱਲ 2591 ਐਮਵੀਏ ਦਾ ਵਾਧਾ ਹੋਇਆ।
ਉਨ੍ਹਾਂ ਦੱਸਿਆ ਕਿ 400 ਕੇਵੀ, 220 ਕੇਵੀ ਜਾਂ 132 ਕੇਵੀ ਸਬ-ਸਟੇਸ਼ਨਾਂ ਨਾਲ 131 ਸਰਕਟ ਕਿਲੋਮੀਟਰ ਟਰਾਂਸਮਿਸ਼ਨ ਲਾਈਨਾਂ ਨੂੰ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰੋਪੜ ਵਿੱਚ ਇੱਕ ਨਵਾਂ 400 ਕੇਵੀ ਸਬ-ਸਟੇਸ਼ਨ ਚਾਲੂ ਕੀਤਾ ਗਿਆ ਹੈ ਅਤੇ ਗੁਰਦਾਸਪੁਰ ਵਿੱਚ 132 ਕੇਵੀ ਸਬ-ਸਟੇਸ਼ਨ ਨੂੰ 220 ਕੇਵੀ ਸਮਰੱਥਾ ਤੱਕ ਅੱਪਗਰੇਡ ਕੀਤਾ ਗਿਆ ਹੈ।
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਬਿਜਲੀ ਵਿਭਾਗ ਦੇ ਇਨ੍ਹਾਂ ਯਤਨਾਂ ਦਾ ਹੀ ਫਲ ਹੈ ਕਿ 29 ਜੂਨ, 2024 ਨੂੰ 16058 ਮੈਗਾਵਾਟ ਦੀ ਬਿਜਲੀ ਦੀ ਵੱਧ ਤੋਂ ਵੱਧ ਮੰਗ ਪੂਰੀ ਕੀਤੀ ਅਤੇ ਉਦਯੋਗਿਕ, ਰਿਹਾਇਸ਼ੀ ਜਾਂ ਵਪਾਰਕ ਖੇਤਰਾਂ ‘ਤੇ ਬਿਜਲੀ ਕੱਟ ਲਗਾਏ ਬਿਨਾਂ ਹੀ ਖੇਤੀਬਾੜੀ ਖੇਤਰ ਨੂੰ 8 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ।
ਬਿਜਲੀ ਮੰਤਰੀ ਨੇ ਵਿਭਾਗ ਦੀਆਂ ਪ੍ਰਾਪਤੀਆਂ ‘ਤੇ ਮਾਣ ਪ੍ਰਗਟ ਕਰਦਿਆਂ 1 ਅਪ੍ਰੈਲ 2024 ਤੋਂ ਹੁਣ ਤੱਕ ਪੀ.ਐੱਸ.ਪੀ.ਸੀ.ਐੱਲ. ਅਤੇ ਪੀ.ਐੱਸ.ਟੀ.ਸੀ.ਐੱਲ. ਵਿੱਚ 1351 ਨੌਜਵਾਨਾਂ ਦੀ ਭਰਤੀ ਦਾ ਜਿਕਰ ਕੀਤਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਬਿਜਲੀ ਵਿਭਾਗ ਦੀ ਮਨੁੱਖੀ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਇਸ ਦੇ ਵਿਕਾਸਸ਼ੀਲ ਬੁਨਿਆਦੀ ਢਾਂਚੇ ਦੀ ਬਿਹਤਰ ਵਰਤੋਂ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਮਾਰਚ 2022 ਤੋਂ ਲੈ ਕੇ ਹੁਣ ਤੱਕ ਪੀ.ਐੱਸ.ਪੀ.ਸੀ.ਐੱਲ. ਅਤੇ ਪੀ.ਐੱਸ.ਟੀ.ਸੀ.ਐੱਲ. ਵਿੱਚ ਕੁੱਲ 6498 ਅਸਾਮੀਆਂ ਵਿਰੁੱਧ ਭਰਤੀਆਂ ਕੀਤੀਆਂ ਗਈਆਂ ।
Rapid Development In The Power Sector In Punjab 2024 Was A Year Of Unprecedented Development In The Power Sector Of The State Harbhajan Singh ETO