ਮੰਤਰੀ ਮੰਡਲ ਵੱਲੋਂ ਪੰਜਾਬ 'ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, 11020 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਵਿੱਤੀ ਸਾਲ 2025-26 ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਨਵੀਂ ਆਬਕਾਰੀ ਨੀਤੀ ਰਾਹੀਂ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ 11,020 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ। ਇੱਥੇ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਇਸ ਸਾਲ ਮਾਰਚ ਦੇ ਅੰਤ ਤੱਕ 10,200 ਕਰੋੜ ਰੁਪਏ ਜੁਟਾਏਗਾ, ਜਦਕਿ 2024-25 ਲਈ 10,145 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ।
ਈ-ਟੈਂਡਰ ਪ੍ਰਕਿਰਿਆ ਰਾਹੀਂ ਅਲਾਟ ਕੀਤੀਆਂ ਜਾਣਗੀਆਂ ਸ਼ਰਾਬ ਦੀਆਂ ਦੁਕਾਨਾਂ
ਆਬਕਾਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਲਈ 11,020 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਬਕਾਰੀ ਵਿਭਾਗ ਤੋਂ 6100 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ। ਚੀਮਾ ਨੇ ਦੱਸਿਆ ਕਿ ਨਵੀਂ ਆਬਕਾਰੀ ਨੀਤੀ ਤਹਿਤ ਸ਼ਰਾਬ ਦੀਆਂ ਦੁਕਾਨਾਂ ਦੀ ਅਲਾਟਮੈਂਟ ਈ-ਟੈਂਡਰ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸੀ ਸ਼ਰਾਬ ਦਾ ਕੋਟਾ ਤਿੰਨ ਫੀਸਦੀ ਵਧਾ ਦਿੱਤਾ ਗਿਆ ਹੈ। ਚੀਮਾ ਨੇ ਇਹ ਵੀ ਕਿਹਾ ਕਿ ਇਨਫੋਰਸਮੈਂਟ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਆਬਕਾਰੀ ਥਾਣੇ ਬਣਾਏ ਜਾਣਗੇ ਅਤੇ ਇਸ ਸਬੰਧੀ ਇੱਕ ਕਮੇਟੀ ਵੀ ਬਣਾਈ ਗਈ ਹੈ।
ਸ਼ਰਾਬ 'ਤੇ ਗਊ ਕਲਿਆਣ ਸੈੱਸ ਵਧਾਉਣ ਦਾ ਐਲਾਨ
ਸੂਬੇ ਦੇ ਵਿੱਤ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਤਹਿਤ ਨਵਾਂ ਬੋਟਲਿੰਗ ਪਲਾਂਟ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸ਼ਰਾਬ 'ਤੇ ਗਊ ਕਲਿਆਣ ਸੈੱਸ ਵੀ 1 ਰੁਪਏ ਪ੍ਰਤੀ ਪਰੂਫ ਲੀਟਰ ਤੋਂ ਵਧਾ ਕੇ 1.50 ਰੁਪਏ ਪ੍ਰਤੀ ਪਰੂਫ ਲੀਟਰ (ਸ਼ਰਾਬ ਸਮੱਗਰੀ ਦੇ ਨਿਸ਼ਚਿਤ ਅਨੁਪਾਤ ਦੇ ਨਾਲ ਨਿਸ਼ਚਿਤ ਤਾਪਮਾਨ 'ਤੇ ਮਾਤਰਾ) ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਦੇ ਮਾਲੀਏ ਵਿੱਚ 16 ਤੋਂ 24 ਕਰੋੜ ਰੁਪਏ ਦਾ ਵਾਧਾ ਹੋਵੇਗਾ।
Cabinet Approves New Excise Policy In Punjab Targets Revenue Collection Of Rs 11020 Crore