ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਅੱਜ ਹਾਈਕੋਰਟ 'ਚ ਮਹੱਤਵਪੂਰਨ ਸੁਣਵਾਈ
Punjab
ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਅੱਜ ਹਾਈਕੋਰਟ 'ਚ ਮਹੱਤਵਪੂਰਨ ਸੁਣਵਾਈ
ਚੰਡੀਗੜ੍ਹ, 1 ਦਸੰਬਰ, 2025—ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਪੈਰੋਲ ਅਰਜ਼ੀ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਹਿਮ ਸੁਣਵਾਈ ਹੋਣ ਜਾ ਰਹੀ ਹੈ। ਉਹ ਇਸ ਵੇਲੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਅੰਮ੍ਰਿਤਪਾਲ ਨੇ ਪੰਜਾਬ ਸਰਕਾਰ ਵੱਲੋਂ ਪੈਰੋਲ ਖਾਰਜ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਪੈਰੋਲ ਇਸ ਲਈ ਮੰਗੀ ਹੈ ਤਾਂ ਜੋ ਉਹ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਲੈ ਸਕਣ।
ਕਿਸੇ ਨੂੰ ਬਣਾਇਆ ਧਿਰ?
ਆਪਣੀ ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਪੰਜਾਬ ਸਰਕਾਰ, ਪੰਜਾਬ ਪੁਲਿਸ ਅਤੇ ਕੇਂਦਰ ਸਰਕਾਰ ਨੂੰ ਪਾਰਟੀ ਵਜੋਂ ਸ਼ਾਮਲ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੜ੍ਹ ਅਤੇ ਸੂਬੇ ਦੇ ਹੋਰ ਸੰਗੀਨ ਮਸਲਿਆਂ 'ਤੇ ਸੰਸਦ ਵਿੱਚ ਆਪਣੀ ਗੱਲ ਰੱਖਣ ਲਈ ਉਨ੍ਹਾਂ ਦੀ ਹਾਜ਼ਰੀ ਲਾਜ਼ਮੀ ਹੈ।
ਸੁਪਰੀਮ ਕੋਰਟ ਤੋਂ ਹਾਈਕੋਰਟ ਤੱਕ ਦਾ ਸਫ਼ਰ
ਕੁਝ ਸਮਾਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਸੁਪਰੀਮ ਕੋਰਟ ਵਿੱਚ ਵੀ ਅਰਜ਼ੀ ਲਗਾਈ ਸੀ। ਉਨ੍ਹਾਂ ਦਾ ਤਰਕ ਸੀ ਕਿ ਇੱਕ ਚੁਣੇ ਹੋਏ ਸਾਂਸਦ ਵਜੋਂ ਉਨ੍ਹਾਂ ਨੂੰ ਸਦਨ ਦੀ ਕਾਰਵਾਈ ਵਿੱਚ ਸ਼ਮੂਲੀਅਤ ਦਾ ਸੰਵਿਧਾਨਕ ਹੱਕ ਹੈ। ਪਰ ਸੁਪਰੀਮ ਕੋਰਟ ਨੇ ਇਹ ਕਹਿੰਦੇ ਹੋਏ ਮਾਮਲਾ ਸੁਣਨ ਤੋਂ ਇਨਕਾਰ ਕਰ ਦਿੱਤਾ ਕਿ ਪਹਿਲਾਂ ਇਹ ਮੁੱਦਾ ਹਾਈਕੋਰਟ ਅੱਗੇ ਰੱਖਿਆ ਜਾਣਾ ਚਾਹੀਦਾ ਹੈ।
ਇਸ ਤੋਂ ਬਾਅਦ ਅੰਮ੍ਰਿਤਪਾਲ ਦੇ ਵਕੀਲਾਂ ਨੇ ਨਵੰਬਰ ਮਹੀਨੇ ਵਿੱਚ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ।
ਹਾਈਕੋਰਟ ਦੇ ਪਿਛਲੇ ਹੁਕਮ 'ਤੇ Punjab Govt ਦਾ ਇਨਕਾਰ
ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹਫ਼ਤੇ ਤੋਂ ਅੰਦਰ ਪੈਰੋਲ 'ਤੇ ਫੈਸਲਾ ਕਰਨ ਲਈ ਕਿਹਾ ਸੀ। ਇਸਦੇ ਜਵਾਬ ਵਿੱਚ, ਸਰਕਾਰ ਨੇ ਅੰਮ੍ਰਿਤਸਰ ਦੇ DC ਅਤੇ SSP ਦੀਆਂ ਖੁਫੀਆ ਰਿਪੋਰਟਾਂ ਦਾ ਹਵਾਲਾ ਦੇ ਕੇ ਅਰਜ਼ੀ ਨੂੰ ਰੱਦ ਕਰ ਦਿੱਤਾ। ਰਿਪੋਰਟਾਂ ਵਿੱਚ ਦਲੀਲ ਦਿੱਤੀ ਗਈ ਕਿ ਅੰਮ੍ਰਿਤਪਾਲ ਦੀ ਰਿਹਾਈ ਨਾਲ ਕਾਨੂੰਨ-ਵਿਵਸਥਾ ਖਰਾਬ ਹੋ ਸਕਦੀ ਹੈ।
ਅੱਜ ਤੈਅ ਹੋਵੇਗੀ ਅਗਲੀ ਦਿਸ਼ਾ
ਸਰਕਾਰ ਵੱਲੋਂ ਕੀਤੇ ਇਨਕਾਰ ਤੋਂ ਬਾਅਦ ਹੁਣ ਅੰਮ੍ਰਿਤਪਾਲ ਦੇ ਵਕੀਲ ਉਸੇ ਫੈਸਲੇ ਦੇ ਵਿਰੁੱਧ ਅੱਜ ਹਾਈਕੋਰਟ ਵਿੱਚ ਦਲੀਲ ਪੇਸ਼ ਕਰਨਗੇ। ਅੱਜ ਦੀ ਸੁਣਵਾਈ ਇਹ ਨਿਰਧਾਰਤ ਕਰੇਗੀ ਕਿ ਕੀ ਅਦਾਲਤ ਸਰਕਾਰ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਉਨ੍ਹਾਂ ਨੂੰ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦੀ ਸੈਸ਼ਨ ਵਿੱਚ ਸ਼ਮੂਲੀਅਤ ਦੀ ਆਗਿਆ ਦਿੰਦੀ ਹੈ ਜਾਂ ਨਹੀਂ।
Important Hearing On Amritpal Singh s Parole In High Court Today