ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ; ਚੱਪੇ-ਚੱਪੇ 'ਤੇ ਨਾਕਾਬੰਦੀ, ਪੜ੍ਹੋ ਕੀ ਹਨ ਖਾਸ ਇੰਤਜ਼ਾਮ
Sri Muktsar Sahib
ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ; ਚੱਪੇ-ਚੱਪੇ 'ਤੇ ਨਾਕਾਬੰਦੀ, ਪੜ੍ਹੋ ਕੀ ਹਨ ਖਾਸ ਇੰਤਜ਼ਾਮ
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ: ਇਤਿਹਾਸਕ ਅਤੇ ਪਵਿੱਤਰ ਮਾਘੀ ਮੇਲੇ ਮੌਕੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕਮਰ ਕੱਸ ਲਈ ਹੈ। ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਸੁਰੱਖਿਆ ਦਾ ਇੱਕ ਮਜ਼ਬੂਤ ਘੇਰਾ ਤਿਆਰ ਕੀਤਾ ਗਿਆ ਹੈ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਡਰ ਦੇ ਮੇਲੇ ਦਾ ਆਨੰਦ ਮਾਣ ਸਕਣ ਅਤੇ ਨਤਮਸਤਕ ਹੋ ਸਕਣ।
ਸੂਬੇ ਦੇ ਸਪੈਸ਼ਲ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਖੁਦ ਮੇਲੇ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਪੁਲਿਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਪਹਿਲੀ ਤਰਜੀਹ ਹੈ।
ਸ਼ਹਿਰ ਨੂੰ 7 ਸੈਕਟਰਾਂ ਵਿੱਚ ਵੰਡਿਆ
ਮੇਲੇ ਦੌਰਾਨ ਭੀੜ ਨੂੰ ਕੰਟਰੋਲ ਕਰਨ ਅਤੇ ਅਮਨ-ਸ਼ਾਂਤੀ ਕਾਇਮ ਰੱਖਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਲਗਭਗ 6,000 ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੂਰੇ ਸ਼ਹਿਰ ਨੂੰ ਸੁਰੱਖਿਆ ਦੇ ਨਜ਼ਰੀਏ ਤੋਂ 7 ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਹਰ ਸੈਕਟਰ ਦੀ ਕਮਾਨ ਉੱਚ ਪੁਲਿਸ ਅਧਿਕਾਰੀਆਂ ਦੇ ਹੱਥ ਵਿੱਚ ਹੋਵੇਗੀ ਜੋ ਪਲ-ਪਲ ਦੀ ਸਥਿਤੀ 'ਤੇ ਨਜ਼ਰ ਰੱਖਣਗੇ।
ਡਰੋਨ ਅਤੇ ਸੀਸੀਟੀਵੀ ਨਾਲ ਤਿੱਖੀ ਨਜ਼ਰ
ਪੁਲਿਸ ਵੱਲੋਂ ਸੁਰੱਖਿਆ ਲਈ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਡਰੋਨ ਕੈਮਰਿਆਂ ਰਾਹੀਂ ਅਸਮਾਨ ਤੋਂ ਨਿਗਰਾਨੀ ਰੱਖੀ ਜਾਵੇਗੀ। ਇਸ ਤੋਂ ਇਲਾਵਾ ਸ਼ਹਿਰ ਦੇ ਕੋਨੇ-ਕੋਨੇ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਤਾਂ ਜੋ ਹਰ ਸ਼ੱਕੀ ਗਤੀਵਿਧੀ ਨੂੰ ਕੈਪਚਰ ਕੀਤਾ ਜਾ ਸਕੇ। ਸ਼ਹਿਰ ਦੇ ਅੰਦਰੂਨੀ ਹਿੱਸਿਆਂ ਅਤੇ ਬਾਹਰੀ ਪ੍ਰਵੇਸ਼ ਦੁਆਰਾਂ 'ਤੇ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ।
ਪੁਲਿਸ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
ਪੁਲਿਸ ਪ੍ਰਸ਼ਾਸਨ ਨੇ ਆਮ ਜਨਤਾ ਅਤੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੁਰੱਖਿਆ ਪ੍ਰਬੰਧਾਂ ਵਿੱਚ ਪੁਲਿਸ ਦਾ ਸਾਥ ਦੇਣ। ਜੇਕਰ ਕਿਸੇ ਵੀ ਵਿਅਕਤੀ ਨੂੰ ਮੇਲੇ ਦੌਰਾਨ ਕੋਈ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ, ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਲਈ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 80542-70100 ਜਾਰੀ ਕੀਤਾ ਗਿਆ ਹੈ, ਜਿਸ 'ਤੇ ਕੋਈ ਵੀ ਨਾਗਰਿਕ ਸੰਪਰਕ ਕਰ ਸਕਦਾ ਹੈ।
Police Fully Prepared For Maghi Mela At Sri Muktsar Sahib Blockades At Every Corner Read What Are The Special Arrangements