ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ
/ religious
Live Punjabi TV /
Chandigarh
4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਧਾਰਮਿਕ, ਅਧਿਆਤਮਿਕ ਅਤੇ ਸੱਭਿਆਚਾਰਕ ਸਮਾਗਮਾਂ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ
ਇਹ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਲੌਕਿਕ ਅਧਿਆਤਮਿਕ ਸ਼ਖਸੀਅਤ ਅਤੇ ਸਰਬ-ਸਾਂਝੀਆਂ ਸਿੱਖਿਆਵਾਂ ਨੂੰ ਦਰਸਾਉਣਗੇ
ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਇਤਿਹਾਸਕ 650ਵਾਂ ਪ੍ਰਕਾਸ਼ ਪੁਰਬ ਬੇਮਿਸਾਲ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ, ਜਿਸ ਤਹਿਤ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਧਾਰਮਿਕ, ਅਧਿਆਤਮਿਕ ਅਤੇ ਸੱਭਿਆਚਾਰਕ ਸਮਾਗਮਾਂ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ।
ਅੱਜ ਇੱਥੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਨ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਕ੍ਰਾਂਤੀਕਾਰੀ ਫਲਸਫੇ ਨੂੰ ਘਰ-ਘਰ ਪਹੁੰਚਾਉਣ ਲਈ ਇਸ ਇਤਿਹਾਸਕ ਦਿਹਾੜੇ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਮਹਿਜ਼ ਧਾਰਮਿਕ ਸਮਾਗਮ ਹੀ ਨਹੀਂ ਹੈ, ਸਗੋਂ ਸਮਾਜ ਨੂੰ ਉਨ੍ਹਾਂ ਦੇ ਬਰਾਬਰੀ, ਮਾਨਵਤਾ ਅਤੇ ਸਮਾਜਿਕ ਨਿਆਂ ਦੇ ਫਲਸਫੇ ਨਾਲ ਮੁੜ ਜੋੜਨ ਦਾ ਇੱਕ ਇਤਿਹਾਸਕ ਮੌਕਾ ਹੈ। ਉਨ੍ਹਾਂ ਦੇ 'ਬੇਗਮਪੁਰਾ' ਦੇ ਸੰਕਲਪ ਨੇ ਇੱਕ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ ਜੋ ਵਿਤਕਰੇ, ਸੋਸ਼ਣ ਅਤੇ ਨਾ-ਬਰਾਬਰੀ ਤੋਂ ਮੁਕਤ ਹੋਵੇ, ਜਿੱਥੇ ਹਰ ਵਿਅਕਤੀ ਮਾਣ-ਸਨਮਾਨ, ਬਰਾਬਰ ਅਧਿਕਾਰਾਂ ਅਤੇ ਮੌਕਿਆਂ ਦਾ ਆਨੰਦ ਮਾਣ ਸਕੇ। ਪੰਜਾਬ ਸਰਕਾਰ ਮਹਾਨ ਗੁਰੂ ਜੀ ਦੇ ਲਾਸਾਨੀ ਯੋਗਦਾਨ ਦੇ ਸਤਿਕਾਰ ਵਿੱਚ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਵਚਨਬੱਧ ਹੈ।"
ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ, ਜਿਸ ਤੋਂ ਬਾਅਦ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੀ ਪ੍ਰਦਰਸ਼ਨੀ, ਸੰਤ ਸੰਮੇਲਨ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਅਧਿਆਤਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਉਪਰੰਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ 'ਤੇ ਵਿਸ਼ੇਸ਼ ਕਾਨਫਰੰਸ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਕਈ ਗਤੀਵਿਧੀਆਂ ਹੋਣਗੀਆਂ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੱਸਿਆ ਕਿ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਇਨ੍ਹਾਂ ਤਿੰਨ ਰੋਜ਼ਾ ਸਮਾਗਮਾਂ ਦੀ ਸੰਪੂਰਨਤਾ ਹੋਵੇਗੀ, ਜਿਸ ਤੋਂ ਬਾਅਦ ਬੇਗਮਪੁਰਾ ਸਮਾਗਮ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ ਅਤੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਲੌਕਿਕ ਅਧਿਆਤਮਿਕ ਸ਼ਖਸੀਅਤ ਅਤੇ ਸਰਬ-ਸਾਂਝੀਆਂ ਸਿੱਖਿਆਵਾਂ ਨੂੰ ਦਰਸਾਉਣਗੇ। ਪੂਰੀ ਵਿਉਂਤਬੰਦੀ ਅਤੇ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣਗੇ ਤਾਂ ਜੋ ਦੁਨੀਆ ਭਰ ਤੋਂ ਆਉਣ ਵਾਲੀ ਸੰਗਤ ਪੂਰੀ ਸ਼ਰਧਾ ਅਤੇ ਸਹੂਲਤ ਨਾਲ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਸ਼ਾਮਲ ਹੋ ਸਕੇ।"
The 650th Birth Anniversary Of Ravidas Ji Maharaj Will Be Celebrated With Devotion And Great Pomp